ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅਚਨਚੇਤ ਹਟਾਉਣਾ ਅਤੇ ਗ੍ਰਿਫਤਾਰ ਕਰਨਾ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੇ ਡਰੋਂ ਅਤੇ ਮੀਡੀਆ ਵਿੱਚ ਬਦਨਾਮੀ ਤੋਂ ਬਚਣ ਲਈ ਚੁੱਕਿਆ ਗਿਆ ਇੱਕ ਕਦਮ ਹੈ। ਕਈ ਮਹੀਨਿਆਂ ਤੋਂ ਸੱਤਾ ਦੇ ਗਲਿਆਰਿਆਂ ‘ਚ ਭ੍ਰਿਸ਼ਟਾਚਾਰ ਵੱਡੇ ਪੱਧਰ ‘ਤੇ ਫੈਲਿਆ ਹੋਇਆ ਹੈ।
ਵੜਿੰਗ ਨੇ ਕਿਹਾ ਕਿ ਕਾਂਗਰਸ ਵੱਲੋਂ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼ ਸੱਚ ਸਾਬਤ ਹੋਏ ਹਨ। ਅਜਿਹੇ ‘ਚ ਸਾਡਾ ਪੱਖ ਕਿਸੇ ਹੋਰ ਨੇ ਨਹੀਂ, ਸਗੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੇ ਇਕ ਮੰਤਰੀ ਦੇ ਭ੍ਰਿਸ਼ਟਾਚਾਰ ਨੂੰ ਸਾਬਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਸ਼ੁਰੂਆਤ ਹੈ ਅਤੇ ਕਤਾਰ ਵਿੱਚ ਹੋਰ ਵੀ ਹਨ ਅਤੇ ਉਮੀਦ ਹੈ ਕਿ ਮੁੱਖ ਮੰਤਰੀ ਸਿੰਗਲਾ ਤੱਕ ਨਹੀਂ ਰੁਕਣਗੇ ਸਗੋਂ ਅਜਿਹੇ ਹਰ ਵਿਅਕਤੀ ਖ਼ਿਲਾਫ਼ ਕਾਰਵਾਈ ਕਰਨਗੇ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਤੁਹਾਡੀ ਅਸਲ ਪ੍ਰੀਖਿਆ ਹੁਣ ਸ਼ੁਰੂ ਹੋ ਗਈ ਹੈ। ਤੁਸੀਂ ਸਿਰਫ਼ ਇੱਕ ਵਿਅਕਤੀ ‘ਤੇ ਕਾਰਵਾਈ ਕਰਨ ਦਾ ਦਿਖਾਵਾ ਕਰਕੇ ਦੂਜਿਆਂ ਨੂੰ ਅਜ਼ਾਦ ਨਹੀਂ ਛੱਡ ਸਕਦੇ, ਕਿਉਂਕਿ ਸਿੰਗਲਾ ਹੀ ਇਸ ਝੁੰਡ ਵਿੱਚ ਸ਼ੱਕੀ ਨਹੀਂ ਹਨ, ਹੋਰ ਵੀ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵੀ ਵਿਅੰਗ ਕੱਸਿਆ, ਜੋ ਪਿਛਲੇ ਇਕ ਮਹੀਨੇ ਤੋਂ ਇਹ ਦਾਅਵਾ ਕਰ ਰਹੇ ਸਨ ਕਿ ਭਗਵੰਤ ਮਾਨ ਨੇ 10 ਦਿਨਾਂ ‘ਚ ਭ੍ਰਿਸ਼ਟਾਚਾਰ ਨੂੰ ਖਤਮ ਕਰ ਦਿੱਤਾ ਹੈ, ਭਾਵੇਂ ਕਿ ਉਹ ਖੁਦ ਦਾਅਵਾ ਕਰਦੇ ਹਨ ਕਿ ਉਨ੍ਹਾਂ ਦਾ ਇਕ ਮੰਤਰੀ ਭ੍ਰਿਸ਼ਟਾਚਾਰ ‘ਚ ਸ਼ਾਮਲ ਹੈ। ਅਜਿਹੀ ਸਥਿਤੀ ਵਿੱਚ, ਰਾਜ ਸਭਾ ਲਈ ਆਪਣੀ ਪਾਰਟੀ ਦੀ ਨਾਮਜ਼ਦਗੀ ਦਾ ਜ਼ਿਕਰ ਕਰਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਮੁੱਖ ਮੰਤਰੀ ਨੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੰਤਰੀ ਨੂੰ ਹਟਾਉਣ ਦਾ ਐਲਾਨ ਕੀਤਾ ਹੈ, ਉਸ ਤੋਂ ਪਤਾ ਲੱਗਦਾ ਹੈ ਕਿ ਉਹ ਆਪਣੀ ਚਮੜੀ ਬਚਾਉਣਾ ਚਾਹੁੰਦੇ ਹਨ। ਜਿਸ ‘ਤੇ ਵੜਿੰਗ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਕਤਾਰ ‘ਚ ਹੋਰ ਕਿੰਨੇ ਲੋਕ ਹਨ, ਕਿਉਂਕਿ ਸਿੰਗਲਾ ਹੀ ਤਬਾਦਲਿਆਂ ਅਤੇ ਨਿਯੁਕਤੀਆਂ ਵਰਗੇ ਦਾਗ਼ੀ ਲੈਣ-ਦੇਣ ‘ਚ ਸ਼ਾਮਲ ਨਹੀਂ ਸੀ।