ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸੈਨਿਕ ਸਕੂਲ ਕਪੂਰਥਲਾ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।… ਅੱਜ ਇੱਥੇ ਆਪਣੇ ਨਿਵਾਸ ਸਥਾਨ ‘ਤੇ ਸਕੂਲ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਮੁੱਖ ਸੰਸਥਾ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਆਪਣੇ ਲਈ ਇੱਕ ਵਿਲੱਖਣ ਥਾਂ ਬਣਾਈ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਸੰਸਥਾ ਨੇ ਮਹਾਨ ਸ਼ਖ਼ਸੀਅਤਾਂ ਪੈਦਾ ਕੀਤੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਅਹਿਮ ਅਹੁਦਿਆਂ ‘ਤੇ ਵਿਸ਼ੇਸ਼ ਤੌਰ ‘ਤੇ ਹਥਿਆਰਬੰਦ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਫ਼ਸਰਾਂ-ਅਧਿਕਾਰੀਆਂ ਨਾਲ ਸੈਨਿਕ ਸਕੂਲ, ਕਪੂਰਥਲਾ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਅਹਿਮ ਮੀਟਿੰਗ ਕੀਤੀ..
ਸਕੂਲ ਦੇ ਕੰਮ-ਕਾਜ ਦਾ ਜਾਇਜ਼ਾ ਲਿਆ..ਵਿਦਿਆਰਥੀਆਂ ਨੂੰ ਵਜ਼ੀਫੇ ਅਤੇ ਸਕੂਲ ਦੀ ਇਮਾਰਤ ਦੇ ਨਵੀਨੀਕਰਨ ਸੰਬੰਧੀ ਅਧਿਕਾਰੀਆਂ ਨੂੰ ਫੰਡ ਜਾਰੀ ਕਰਨ ਦੇ ਨਿਰਦੇਸ਼ ਦਿੱਤੇ.. pic.twitter.com/mhMj1bCHPi
— Bhagwant Mann (@BhagwantMann) June 13, 2022
ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਸਕੂਲ ਦੀ ਇਮਾਰਤ ਦੀ ਮੁਰੰਮਤ ਲਈ ਤੁਰੰਤ ਫੰਡ ਜਾਰੀ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀ ਇਮਾਰਤ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੂਲ ਦੀ ਨਿਰੰਤਰ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਸਾਲਾਂ ਵਿੱਚ ਬਜਟ ਮੁਹੱਈਆ ਕਰਵਾਇਆ ਜਾਵੇਗਾ।