ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਕਰਨ ਅਤੇ ਸੜਕਾਂ ਦੀ ਚੌੜਾਈ ਵਧਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ਲਈ ਅਧਿਕਾਰੀਆਂ ਨੂੰ ਸੜਕਾਂ ਦੇ ਕਿਨਾਰੇ 2 ਲੱਖ ਬੂਟੇ ਲਗਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਵੀ ਕਿਹਾ ਗਿਆ ਹੈ।ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਦਿੱਤੀ।
ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ…ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ…
ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਬਣਾਉਣ ਲਈ ਸੜਕਾਂ ਕਿਨਾਰੇ 2 ਲੱਖ ਬੂਟੇ ਲਗਾਉਣ ਦਾ ਟੀਚਾ ਵੀ ਜਲਦ ਪੂਰਨ ਲਈ ਅਧਿਕਾਰੀਆਂ ਨੂੰ ਆਖਿਆ… pic.twitter.com/yGdTqk8Nqe
— Bhagwant Mann (@BhagwantMann) July 29, 2022
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਦੱਸਿਆ ਕਿ ਸਬਜ਼ੀ ਮੰਡੀਆਂ ਵਿੱਚ ਸਫਾਈ ਨਾ ਹੋਣ ਕਾਰਨ ਬਹੁਤ ਜ਼ਿਆਦਾ ਗੰਦਗੀ ਫੈਲ ਰਹੀ ਹੈ। ਜਿਸ ਕਾਰਨ ਆਮ ਲੋਕਾਂ ਅਤੇ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਹਦਾਇਤਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਸਬਜ਼ੀ ਮੰਡੀਆਂ ਵਿੱਚ ਰੋਜ਼ਾਨਾ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੰਡੀ ਬੋਰਡ ਅਧੀਨ ਆਉਂਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਅਤੇ ਮਜ਼ਬੂਤ ਕੀਤਾ ਜਾਵੇਗਾ ਅਤੇ ਖਰਾਬ ਲਿੰਕ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇਗੀ। ਉਨ੍ਹਾਂ ਅਹਿਮ ਫੈਸਲਾ ਲੈਂਦਿਆਂ ਕਿਹਾ ਕਿ ਫੋਕਲ ਪੁਆਇੰਟ ਦੀ ਖਾਲੀ ਪਈ ਜ਼ਮੀਨ ਦੀ ਵਰਤੋਂ ਕਰਨ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਰਿਪੋਰਟ ਸੌਂਪਣ ਲਈ ਕਿਹਾ ਗਿਆ ਸੀ।