ਬੀਜਿੰਗ: ਚੀਨ ਦੇ ਸ਼ਹਿਰ ਸ਼ੰਘਾਈ ਵਿੱਚ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਨਾਲ ਜੁੜੀਆਂ ਪਾਬੰਦੀਆਂ ਨੂੰ ਘੱਟ ਕਰਦੇ ਹੋਏ 40 ਲੱਖ ਲੋਕਾਂ ਨੂੰ ਘਰ ਤੋਂ ਬਾਹਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਇਕ ਸੀਨੀਅਰ ਸਿਹਤ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਸਿਹਤ ਅਧਿਕਾਰੀ ਵੈਂਗ ਗਨਿਊ ਨੇ ਕਿਹਾ ਕਿ ਚੀਨ ਦੇ ਸਭ ਤੋਂ ਵੱਧ ਆਬਾਦੀ ਵਾਲੇ ਸ਼ਹਿਰ ਵਿੱਚ ਸੰਕਰਮਣ ਦੇ ਘਟਦੇ ਮਾਮਲਿਆਂ ਦੇ ਮੱਦੇਨਜ਼ਰ ਹੁਣ ਤੱਕ ਲਗਭਗ 12 ਮਿਲੀਅਨ ਲੋਕਾਂ ਨੂੰ ਆਪਣੇ ਘਰ ਤੋਂ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।
ਸੰਕਰਮਣ ਦੇ ਮਾਮਲੇ ਵਧਣ ਤੋਂ ਬਾਅਦ ਅਧਿਕਾਰੀਆਂ ਨੇ 28 ਮਾਰਚ ਤੋਂ ਸ਼ੰਘਾਈ ਦੇ 25 ਮਿਲੀਅਨ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਸੀ। ਚੀਨ ਵਿੱਚ ਸੰਕਰਮਣ ਦੀ ਮੌਜੂਦਾ ਲਹਿਰ ਮੁਕਾਬਲਤਨ ਘੱਟ ਹੈ, ਪਰ ਸੱਤਾਧਾਰੀ ਕਮਿਊਨਿਸਟ ਪਾਰਟੀ ਨੇ ਵਿਸ਼ਵਵਿਆਪੀ ਮਹਾਂਮਾਰੀ ਦੇ ਵਿਰੁੱਧ ‘ਜ਼ੀਰੋ ਟੋਲਰੈਂਸ’ ਦੀ ਰਣਨੀਤੀ ਅਪਣਾਈ ਹੈ, ਜਿਸ ਦੇ ਤਹਿਤ ਮਾਮਲੇ ਸਾਹਮਣੇ ਆਉਂਦੇ ਹੀ ਵੱਡੇ ਸ਼ਹਿਰਾਂ ਵਿੱਚ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।