ਗੁਰਦਾਸਪੁਰ (ਹਰਮੀਤ) : ਪੰਜਾਬ ਦੇ ਗੁਰਦਾਸਪੁਰ ਜ਼ਿਲੇ ‘ਚ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋ ਗਈ। ਇਸ ‘ਚ ਚਾਰ ਲੋਕਾਂ ਦੀ ਮੌਤ ਹੋ ਗਈ। ਘਟਨਾ ਐਤਵਾਰ ਰਾਤ ਬਟਾਲਾ ਦੇ ਪਿੰਡ ਵਿਠਵਾਂ ਵਿੱਚ ਵਾਪਰੀ। ਦੋਵਾਂ ਗਰੁੱਪਾਂ ਵਿੱਚ ਕੁੱਲ 13 ਲੋਕ ਸਨ। ਪੁਲਿਸ ਨੇ ਦੱਸਿਆ ਕਿ ਦੋਵਾਂ ਧਿਰਾਂ ਦੇ ਦੋ-ਦੋ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਅੱਠ ਲੋਕ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ‘ਚੋਂ ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਇਸ ਘਟਨਾ ਨੂੰ ਲੈ ਕੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਖੌਫਨਾਕ ਘਟਨਾ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਨਾਕਾਮ ਰਹੀ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਬਟਾਲਾ ਦੇ ਪਿੰਡ ਵਿਠਵਾਂ ‘ਚ ਦੋ ਵਿਰੋਧੀ ਧੜਿਆਂ ਵਿਚਾਲੇ ਚੱਲ ਰਹੀ ਲੜਾਈ ‘ਚ ਚਾਰ ਲੋਕਾਂ ਦੀ ਜਾਨ ਚਲੀ ਗਈ ਹੈ। ‘ਆਪ’ ਸਰਕਾਰ ਸੂਬੇ ‘ਚ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਜਦੋਂ ਤੋਂ ਸੂਬੇ ਵਿੱਚ ਭਗਵੰਤ ਮਾਨ ਦੀ ਸਰਕਾਰ ਆਈ ਹੈ, ਪੰਜਾਬ ਦੀ ਹਾਲਤ ਹੋਰ ਖ਼ਰਾਬ ਹੋ ਗਈ ਹੈ।