ਜਲੰਧਰ (ਸਰਬ): ਪੰਜਾਬ ਦੀਆਂ ਲੋਕ ਸਭਾ ਚੋਣਾਂ ‘ਚ ਪਾਰਟੀਆਂ ਬਦਲਣ ਵਾਲੇ ਜ਼ਿਆਦਾਤਰ ਉਮੀਦਵਾਰਾਂ ਨੂੰ ਵੋਟਰਾਂ ਨੇ ਨਕਾਰ ਦਿੱਤਾ ਹੈ। ਇਸ ਦੀ ਸਭ ਤੋਂ ਵੱਡੀ ਮਿਸਾਲ ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਿੱਤ ਹੈ।
ਕਾਂਗਰਸ ਉਮੀਦਵਾਰ ਚੰਨੀ ਦੇ ਖਿਲਾਫ ਚੋਣ ਲੜ ਰਹੇ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਪਹਿਲਾਂ ਕਾਂਗਰਸ ‘ਚ ਸਨ ਅਤੇ 2017 ਤੋਂ 2022 ਤੱਕ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ। ਪਰ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼ੀਤਲ ਅੰਗੁਰਾਲ ਤੋਂ ਹਾਰ ਗਏ ਸਨ। ਓਥੇ 14 ਜਨਵਰੀ 2023 ਨੂੰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਕਾਰਨ ਜਲੰਧਰ ਲੋਕ ਸਭਾ ਸੀਟ ਖਾਲੀ ਹੋ ਗਈ ਸੀ।
ਇਸ ਤੋਂ ਬਾਅਦ ਜਲੰਧਰ ਲੋਕ ਸਭਾ ਸੀਟ ‘ਤੇ ਉਪ ਚੋਣ ਤੋਂ ਠੀਕ ਪਹਿਲਾਂ 5 ਅਪ੍ਰੈਲ 2023 ਨੂੰ ਸੁਸ਼ੀਲ ਕੁਮਾਰ ਰਿੰਕੂ ਨੇ ਕਾਂਗਰਸ ਦਾ ‘ਹੱਥ’ ਛੱਡ ਕੇ ਆਮ ਆਦਮੀ ਪਾਰਟੀ (ਆਪ) ਦਾ ‘ਝਾੜੂ’ ਫੜ ਲਿਆ । ‘ਆਪ’ ਨੇ ਉਨ੍ਹਾਂ ਨੂੰ ਉਪ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਅਤੇ ਰਿੰਕੂ ਉਪ ਚੋਣ ਜਿੱਤ ਕੇ ਪਹਿਲੀ ਵਾਰ ਸੰਸਦ ਮੈਂਬਰ ਬਣੇ। ਇਸ ਤੋਂ ਬਾਅਦ ‘ਆਪ’ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ 2024 ‘ਚ ਉਮੀਦਵਾਰ ਐਲਾਨ ਦਿੱਤਾ। ਸੁਸ਼ੀਲ ਕੁਮਾਰ ਰਿੰਕੂ ਨੇ ‘ਆਪ’ ਦੀ ਟਿਕਟ ਵਾਪਸ ਕਰਕੇ ਭਾਜਪਾ ਦਾ ‘ਕਮਲ’ ਫੜਿਆ ਤੇ ਭਾਜਪਾ ਨੇ ਉਸ ਨੂੰ ਆਪਣਾ ਉਮੀਦਵਾਰ ਬਣਾਇਆ ਤੇ ਜਲੰਧਰ ਦੇ ਲੋਕਾਂ ਨੇ ਵੀ ਰਿੰਕੂ ਨੂੰ ਨਕਾਰ ਕੇ ਚਰਨਜੀਤ ਸਿੰਘ ਨੂੰ ਸੰਸਦ ਵਿੱਚ ਭੇਜਿਆ।
ਓਥੇ ਹੀ ਜਲੰਧਰ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ, ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਹਿ ਚੁੱਕੇ ਹਨ। ਸਾਲ 2009 ਵਿੱਚ ਉਹ ਕਾਂਗਰਸ ਦੀ ਟਿਕਟ ‘ਤੇ ਜਲੰਧਰ ਤੋਂ ਲੋਕ ਸਭਾ ਚੋਣ ਜਿੱਤੇ। ਇਸ ਤੋਂ ਇਲਾਵਾ ਉਹ 3 ਵਾਰ ਕਾਂਗਰਸ ਦੀ ਟਿਕਟ ‘ਤੇ ਵਿਧਾਨ ਸਭਾ ਚੋਣਾਂ ਵੀ ਜਿੱਤ ਚੁੱਕੇ ਹਨ। ਪਰ ਲੋਕ ਸਭਾ ਚੋਣਾਂ-2024 ਦੌਰਾਨ ਕੇ.ਪੀ. ਨੇ ਵੀ ਕਾਂਗਰਸ ਦਾ ‘ਹੱਥ’ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ‘ਤਕੜੀ’ ਫੜ ਲਈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਜਲੰਧਰ ਤੋਂ ਆਪਣਾ ਉਮੀਦਵਾਰ ਬਣਾਇਆ ਅਤੇ ਜਲੰਧਰ ਦੇ ਲੋਕਾਂ ਨੇ ਵੀ ਉਨ੍ਹਾਂ ਨੂੰ ਨਕਾਰ ਦਿੱਤਾ ਅਤੇ ਕੇਪੀ ਵੀ ਲੋਕ ਸਭਾ ਚੋਣਾਂ ਹਾਰ ਗਏ।
ਦੂਜੇ ਪਾਸੇ ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਪਵਨ ਕੁਮਾਰ ਟੀਨੂੰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਟੀਨੂੰ ਦਾ ਸਬੰਧ ਸ਼੍ਰੋਮਣੀ ਅਕਾਲੀ ਦਲ ਨਾਲ ਸੀ ਅਤੇ ਉਹ ਦੋ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਵਿਧਾਨ ਸਭਾ ਚੋਣਾਂ ਜਿੱਤ ਚੁੱਕਾ ਹੈ। ਪਰ ਜਲੰਧਰ ਦੇ ਲੋਕਾਂ ਨੇ ਲੋਕ ਸਭਾ ਚੋਣਾਂ-2024 ਵਿੱਚ ਵੀ ਉਨ੍ਹਾਂ ਨੂੰ ਨਕਾਰ ਦਿੱਤਾ ਹੈ।