ਜੰਮੂ (ਸਾਹਿਬ) – ਅੱਤਵਾਦੀਆਂ ਨੇ ਪਿਛਲੇ ਚਾਰ ਦਿਨਾਂ ‘ਚ ਜੰਮੂ-ਕਸ਼ਮੀਰ ਦੇ ਰਿਆਸੀ, ਕਠੂਆ ਅਤੇ ਡੋਡਾ ਜ਼ਿਲਿਆਂ ‘ਚ ਚਾਰ ਥਾਵਾਂ ‘ਤੇ ਹਮਲੇ ਕੀਤੇ ਹਨ, ਜਿਸ ‘ਚ 9 ਸ਼ਰਧਾਲੂਆਂ ਤੇ ਇੱਕ ਸੀਆਰਪੀਐੱਫ ਜਵਾਨ ਦੀ ਮੌਤ ਹੋ ਗਈ ਹੈ। ਇਨ੍ਹਾਂ ਹਮਲਿਆਂ ਵਿੱਚ ਸੱਤ ਸੁਰੱਖਿਆ ਮੁਲਾਜ਼ਮ ਤੇ ਕਈ ਹੋਰ ਜ਼ਖ਼ਮੀ ਵੀ ਹੋਏ ਹਨ। ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਹੋਰ ਅਧਿਕਾਰੀਆਂ ਨਾਲ ਜੰਮੂ-ਕਸ਼ਮੀਰ ਦੀ ਸਥਿਤੀ ਦਾ ਜਾਇਜ਼ਾ ਲਿਆ।
ਓਥੇ ਹੀ ਇਸ ਮੌਕੇ ਪੀਐਮ ਮੋਦੀ ਨੂੰ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦੇ ਨਾਲ-ਨਾਲ ਅੱਤਵਾਦ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਪੀਐਮ ਨੇ ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੋਧੀ ਕਾਰਵਾਈ ਵਿੱਚ ਪੂਰੀ ਤਾਕਤ ਝੋਕਣ ਦੀ ਗੱਲ ਕਹੀ ਹੈ। ਪੀਐਮ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਤੇ ਇਨ੍ਹਾਂ ਖੇਤਰਾਂ ਵਿੱਚ ਸੁਰੱਖਿਆ ਬਲਾਂ ਦੀ ਹੋਰ ਤਾਇਨਾਤੀ ਅਤੇ ਅੱਤਵਾਦੀਆਂ ਵਿਰੁੱਧ ਕਾਰਵਾਈ ਬਾਰੇ ਚਰਚਾ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਐਲਜੀ ਮਨੋਜ ਸਿਨਹਾ ਨਾਲ ਵੀ ਗੱਲ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਜਾਣਕਾਰੀ ਦਿੱਤੀ।