ਪਟਿਆਲਾ: ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ‘ਖਾਲਿਸਤਾਨ ਵਿਰੋਧੀ ਮਾਰਚ’ ਨੂੰ ਲੈ ਕੇ ਦੋ ਧੜਿਆਂ ਵਿੱਚ ਹੋਈ ਭਿਆਨਕ ਝੜਪ ਵਿੱਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਇਸ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਨੂੰ ਇੱਥੇ ਕਰਫਿਊ ਲਗਾ ਦਿੱਤਾ ਗਿਆ। ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਤੱਥਾਂ ਦੀ ਜਾਣਕਾਰੀ ਸਾਂਝੀ ਕਰਨਗੇ। ਲੋਕਾਂ ਨੂੰ ਕਿਸੇ ਵੀ ਗਲਤ ਜਾਣਕਾਰੀ ‘ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੱਜ ਸਵੇਰੇ 9:30 ਵਜੇ ਤੋਂ ਸ਼ਾਮ 6 ਵਜੇ ਤੱਕ ਪਟਿਆਲਾ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ।
ਖੁਫੀਆ ਵਿਭਾਗ ਨੇ ਜਾਰੀ ਕੀਤਾ ਅਲਰਟ
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਭ ਦੇ ਵਿਚਕਾਰ ਪੁਲਿਸ ਇੰਟੈਲੀਜੈਂਸ ਨੇ ਜ਼ਿਲ੍ਹਾ ਪੁਲਿਸ ਨੂੰ ਇਸ ਜਲੂਸ ਸਬੰਧੀ ਸੂਚਨਾ ਦੇ ਕੇ ਚੌਕਸ ਕਰ ਦਿੱਤਾ ਸੀ ਪਰ ਜ਼ਿਲ੍ਹਾ ਪੁਲਿਸ ਨੇ ਸਮੇਂ ਸਿਰ ਕੋਈ ਕਾਰਵਾਈ ਨਹੀਂ ਕੀਤੀ। ਸੂਤਰਾਂ ਦੀ ਮੰਨੀਏ ਤਾਂ ਪਟਿਆਲਾ ਦੇ ਆਈਜੀ ਸਮੇਤ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ। ਸਥਿਤੀ ਨੂੰ ਕਾਬੂ ਹੇਠ ਕਰਨ ਲਈ ਪ੍ਰਸ਼ਾਸਨ ਨੇ ਪਟਿਆਲਾ ਵਿੱਚ ਦਿਨ ਵੇਲੇ ਧਾਰਾ 144 ਲਾਗੂ ਕਰ ਦਿੱਤੀ ਹੈ ਜਦੋਂਕਿ ਰਾਤ ਨੂੰ ਇੱਥੇ ਕਰਫਿਊ ਲਗਾ ਦਿੱਤਾ ਗਿਆ ਹੈ।
ਅੱਜ ਪਟਿਆਲਾ ਬੰਦ ਦਾ ਐਲਾਨ
ਕੱਲ੍ਹ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੇ ਖਾਲਿਸਤਾਨ ਵਿਰੋਧੀ ਜਲੂਸ ਕੱਢਿਆ, ਜਿਸ ਦੌਰਾਨ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਬਾਅਦ ਵਿੱਚ ਸਿੰਗਲਾ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਸ਼ਿਵ ਸੈਨਾ ਨੇ ਵੀ ਸਿੰਗਲਾ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਇਸ ਦੌਰਾਨ ਹਿੰਦੂ ਜਥੇਬੰਦੀਆਂ ਨੇ ਇਸ ਘਟਨਾ ਦੇ ਵਿਰੋਧ ਵਿੱਚ ਅੱਜ ਪਟਿਆਲਾ ਬੰਦ ਦਾ ਐਲਾਨ ਕੀਤਾ ਹੈ।