ਚੰਡੀਗੜ੍ਹ: ਪਟਿਆਲਾ ‘ਚ ਹੋਈ ਝੜਪ ਤੋਂ ਬਾਅਦ ਸਥਿਤੀ ‘ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਇਸ ਮਾਮਲੇ ‘ਚ ਸ਼ਿਵ ਸੈਨਾ ਦੇ ਦੋ ਹੋਰ ਨੇਤਾਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਸਬੰਧ ਵਿੱਚ ਬੀਤੇ ਦਿਨ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਸਬੰਧੀ ਸੀਐਮ ਮਾਨ ਵੱਲੋਂ ਡੀਜੀਪੀ ਅਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਵੀ ਕੀਤੀਆਂ ਗਈਆਂ ਸਨ, ਜਿਸ ਤੋਂ ਬਾਅਦ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ‘ਤੇ ਕਾਰਵਾਈ ਕੀਤੀ ਗਈ ਸੀ। ਇਸ ਦੇ ਨਾਲ ਹੀ ਪਾਰਟੀ ਦੇ ਦੋ ਹੋਰ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਬੀਤੇ ਦਿਨ ਦੋ ਗੁੱਟਾਂ ਵਿਚਾਲੇ ਹੋਈ ਝੜਪ ਨੇ ਹਿੰਸਾ ਦਾ ਰੂਪ ਲੈ ਲਿਆ ਸੀ। ਇਸ ਦੌਰਾਨ ਸ਼ਰੇਆਮ ਤਲਵਾਰਾਂ ਤੇ ਪਥਰਾਅ ਵੀ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਸ ਝੜਪ ‘ਚ ਪੁਲਿਸ ਵਾਲੇ ਵੀ ਜ਼ਖਮੀ ਹੋਏ ਹਨ। ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਅੱਜ ਸਵੇਰੇ 6 ਵਜੇ ਤੱਕ ਕਰਫਿਊ ਵੀ ਲਗਾਇਆ ਗਿਆ ਸੀ। ਇਸ ਦੇ ਨਾਲ ਹੀ ਅੱਜ ਸ਼ਾਮ 6 ਵਜੇ ਤੱਕ ਸ਼ਹਿਰ ਵਿੱਚ ਸਾਰੀਆਂ ਇੰਟਰਨੈਟ ਅਤੇ ਐਸਐਮਐਸ ਸੁਵਿਧਾਵਾਂ ਅਸਥਾਈ ਤੌਰ ‘ਤੇ ਬੰਦ ਕਰ ਦਿੱਤੀਆਂ ਗਈਆਂ ਹਨ।