ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨੌਕਰੀ ਮੇਲੇ ਦੀ ਸ਼ੁਰੂਆਤ ਕਰਨਗੇ, ਜਿਸ ਤਹਿਤ ਕੇਂਦਰ ਸਰਕਾਰ ਦੀਆਂ 10 ਲੱਖ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ। ਮੇਲਾ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ੁਰੂ ਹੋਵੇਗਾ। ਸਮਾਗਮ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਉੜੀਸਾ, ਅਨੁਰਾਗ ਠਾਕੁਰ ਚੰਡੀਗੜ੍ਹ, ਗੁਜਰਾਤ ਤੋਂ ਮਨਸੁਖ ਮਾਂਡਵੀਆ ਅਤੇ ਮਹਾਰਾਸ਼ਟਰ ਤੋਂ ਪਿਊਸ਼ ਗੋਇਲ ਵੀ ਸਮਾਗਮ ਵਿੱਚ ਸ਼ਿਰਕਤ ਕਰਨਗੇ।
ਇਹ ਸਾਰੀਆਂ ਖਾਲੀ ਅਸਾਮੀਆਂ ਅਗਲੇ 18 ਮਹੀਨਿਆਂ ਵਿੱਚ ਭਰੀਆਂ ਜਾਣਗੀਆਂ, ਜਿਸ ਲਈ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੀਐਮ ਮੋਦੀ 75 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਦੇਸ਼ ਵਿੱਚ ਰੁਜ਼ਗਾਰ ਦੀ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਦੇ ਨਾਲ ਹੀ ਇਸ ਮੁਹਿੰਮ ਤਹਿਤ ਚੁਣੇ ਗਏ ਨੌਜਵਾਨਾਂ ਨੂੰ ਸਰਕਾਰ ਦੇ 38 ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਨਿਯੁਕਤ ਕੀਤਾ ਜਾਵੇਗਾ।