ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ 2022 ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਕੁਤਾਹੀ ਦੇ ਮਾਮਲੇ ਵਿੱਚ ਫਿਰੋਜ਼ਪੁਰ ਦੇ ਐਸਐਸਪੀ ਹਰਮਨਦੀਪ ਹੰਸ ਦੀ ਭੂਮਿਕਾ ਨੂੰ ਲੈ ਕੇ ਸਵਾਲ ਉੱਠੇ ਹਨ। ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਇਸ ਮਾਮਲੇ ‘ਤੇ ਸੁਣਵਾਈ ਦੌਰਾਨ ਇਹ ਤੱਥ ਸਾਹਮਣੇ ਆਏ ਹਨ। ਸਿਖਰਲੀ ਅਦਾਲਤ ਅਨੁਸਾਰ ਐਸਐਸਪੀ ਹੰਸ ਨੇ ਕਾਫ਼ਲੇ ਦੀ ਸੁਰੱਖਿਆ ਲਈ ਉਚਿਤ ਕਦਮ ਨਹੀਂ ਚੁੱਕੇ, ਜਿਸ ਕਾਰਨ ਇਹ ਕੁਤਾਹੀ ਹੋਈ। ਪ੍ਰਧਾਨ ਮੰਤਰੀ ਦੇ ਕਾਫ਼ਲੇ ਦੇ ਆਉਣ ਦੀ ਸੂਚਨਾ ਦੋ ਘੰਟੇ ਪਹਿਲਾਂ ਹੀ ਮਿਲ ਜਾਣ ਦੇ ਬਾਵਜੂਦ ਐਸਐਸਪੀ ਹਰਮਨਦੀਪ ਹੰਸ ਆਪਣੀ ਡਿਊਟੀ ਨਿਭਾਉਣ ਵਿੱਚ ਅਸਫ਼ਲ ਰਹੇ।
ਸੁਪਰੀਮ ਕੋਰਟ ਵੱਲੋਂ ਬਣਾਈ ਗਈ ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ ਵਿੱਚ ਵੀ ਅਜਿਹੇ ਹੀ ਤੱਥ ਸਾਹਮਣੇ ਆਏ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਪੀਐਮ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਨੂੰ ਬਿਹਤਰ ਸਿਖਲਾਈ ਦੇਣ ਦੀ ਲੋੜ ਹੈ। ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਕਾਰਵਾਈ ਕਰਨ ਲਈ ਰਿਪੋਰਟ ਕੇਂਦਰ ਨੂੰ ਭੇਜ ਦਿੱਤੀ ਹੈ।