ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ ‘ਤੇ ਗੱਲ ਕੀਤੀ। ਇਹ ਫ਼ੋਨ ਕਾਲ ਕਰੀਬ 50 ਮਿੰਟ ਚੱਲੀ। ਦੋਵਾਂ ਆਗੂਆਂ ਨੇ ਯੂਕਰੇਨ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਯੂਕਰੇਨ ਅਤੇ ਰੂਸ ਦੀਆਂ ਪਾਰਟੀਆਂ ਵਿਚਾਲੇ ਗੱਲਬਾਤ ਦਾ ਵੇਰਵਾ ਵੀ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਪੁਤਿਨ ਨੂੰ ਅਪੀਲ ਕੀਤੀ ਹੈ ਕਿ ਉਹ ਦੋਵੇਂ ਦੇਸ਼ਾਂ ਦੀਆਂ ਪਾਰਟੀਆਂ ਵਿਚਾਲੇ ਚੱਲ ਰਹੀ ਗੱਲਬਾਤ ਤੋਂ ਇਲਾਵਾ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਸਿੱਧੀ ਗੱਲਬਾਤ ਕਰਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੇ ਸੂਮੀ ਵਰਗੇ ਖੇਤਰਾਂ ਵਿੱਚ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਲਈ ਰੂਸ ਦੁਆਰਾ ਜੰਗਬੰਦੀ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਸੁਮੀ ਤੋਂ ਭਾਰਤੀ ਨਾਗਰਿਕਾਂ ਦੀ ਜਲਦੀ ਤੋਂ ਜਲਦੀ ਸੁਰੱਖਿਅਤ ਵਾਪਸੀ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਰੂਸ ਦੇ ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਰੋਸਾ ਦਿੱਤਾ ਹੈ ਕਿ ਯੂਕਰੇਨ ਤੋਂ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਹਰ ਤਰ੍ਹਾਂ ਦਾ ਜ਼ਰੂਰੀ ਸਹਿਯੋਗ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਸੋਮਵਾਰ ਸਵੇਰੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਵੀ ਫ਼ੋਨ ‘ਤੇ ਗੱਲ ਕੀਤੀ। ਭਾਰਤ ਸਰਕਾਰ ਦੇ ਸੂਤਰਾਂ ਮੁਤਾਬਕ ਇਹ ਫੋਨ ਕਾਲ ਕਰੀਬ 35 ਮਿੰਟ ਚੱਲੀ। ਦੋਹਾਂ ਨੇਤਾਵਾਂ ਨੇ ਯੂਕਰੇਨ ਦੀ ਸਥਿਤੀ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੀ ਸਿੱਧੀ ਗੱਲਬਾਤ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਯੂਕਰੇਨ ਸਰਕਾਰ ਵੱਲੋਂ ਦਿੱਤੀ ਗਈ ਸਹਾਇਤਾ ਲਈ ਰਾਸ਼ਟਰਪਤੀ ਜ਼ੇਲੇਂਸਕੀ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਸੁਮੀ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਚੱਲ ਰਹੀਆਂ ਕੋਸ਼ਿਸ਼ਾਂ ਵਿੱਚ ਯੂਕਰੇਨ ਸਰਕਾਰ ਤੋਂ ਲਗਾਤਾਰ ਸਮਰਥਨ ਦੀ ਮੰਗ ਕੀਤੀ ਹੈ।