Nation Post

Punjab: ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਵਿਚਾਰ ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਜਲੰਧਰ (ਜਸਪ੍ਰੀਤ): ਕਰੁਣਾ ਸਾਗਰ (ਪੱਤਰ ਪ੍ਰੇਰਕ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸ਼ੁਭ ਅਵਸਰ ’ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਭਗਵਾਨ ਵਾਲਮੀਕਿ ਜੀ ਦੇ ਪਾਏ ਪੂਰਨਿਆਂ ’ਤੇ ਚੱਲਣ ਦੀ ਅਪੀਲ ਕੀਤੀ ਹੈ। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੇ ਗਏ ਜਲੂਸ ਵਿੱਚ ਸ਼ਾਮਲ ਹੋਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਅਤੇ ਉਹ ਵਿਸ਼ਵ ਦੇ ਪਹਿਲੇ ਕਵੀ ਹਨ, ਜਿਨ੍ਹਾਂ ਨੇ ਆਪਣੀ ਅਮਰ ਅਤੇ ਮਹਾਨ ਰਚਨਾ ਰਾਹੀਂ ‘ ਰਾਮਾਇਣ ਨੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਦਾ ਸਬਕ ਸਿਖਾਉਂਦਾ ਆ ਰਿਹਾ ਹੈ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਰੋਸ਼ਨੀ ਹੈ, ਜੋ ਅੱਜ ਦੇ ਪਦਾਰਥਵਾਦੀ ਸਮਾਜ ਵਿੱਚ ਵਧੇਰੇ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਮਾਜ ਵਿੱਚ ਬਰਾਬਰਤਾ ਦਾ ਵਰਨਣ ਕੀਤਾ ਹੈ ਅਤੇ ਰਾਜ ਜਾਂ ਸਮਾਜ ਨੂੰ ਆਦਰਸ਼ ਬਣਾਉਣ ਲਈ ਵਿਅਕਤੀਆਂ, ਹਾਕਮਾਂ ਅਤੇ ਜਨਤਾ ਨੂੰ ਕਿਸ ਤਰ੍ਹਾਂ ਦੇ ਆਦਰਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਸਮਾਜ ਦੀ ਸੱਭਿਆਚਾਰਕ ਵਿਰਾਸਤ ਵਿੱਚ ਭਗਵਾਨ ਵਾਲਮੀਕਿ ਜੀ ਦੇ ਅਦੁੱਤੀ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਮਹਾਂਰਿਸ਼ੀ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ ਅਤੇ ਉੱਚ ਆਦਰਸ਼ਾਂ ‘ਤੇ ਚੱਲਣ ਦੀ ਅਪੀਲ ਕੀਤੀ ਤਾਂ ਜੋ ਇੱਕ ਸਮਾਨਤਾ ਵਾਲੇ ਸਮਾਜ ਦੀ ਉਸਾਰੀ ਕੀਤੀ ਜਾ ਸਕੇ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਸਫਾਈ ਸੇਵਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਪਹਿਲਾਂ ਹੀ ਇੱਕ ਨੀਤੀ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ ਤਾਂ ਜੋ ਸਾਰੀਆਂ ਸਬੰਧਤ ਧਿਰਾਂ ਨੂੰ ਭਰੋਸੇ ਵਿੱਚ ਲੈ ਕੇ ਅਮਲੀ ਰੂਪ ਰੇਖਾ ਤਿਆਰ ਕੀਤੀ ਜਾ ਸਕੇ।

Exit mobile version