ਪੱਤਰ ਪ੍ਰੇਰਕ : ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਕਥਿਤ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ। ਜਸਟਿਸ ਸਵਰਨਕਾਂਤਾ ਸ਼ਰਮਾ ਨੇ ਸ਼ਾਮ 6:28 ਵਜੇ ਹੁਕਮ ਸੁਣਾਉਣਾ ਸ਼ੁਰੂ ਕੀਤਾ ਜਿਸ ਨੂੰ 22 ਮਿੰਟ ਲੱਗੇ। ਉਨ੍ਹਾਂ ਕਿਹਾ ਕਿ ਸਿਸੋਦੀਆ ਕਥਿਤ ਤੌਰ ‘ਤੇ ਇਲੈਕਟ੍ਰਾਨਿਕ ਸਬੂਤਾਂ ਸਮੇਤ ਅਹਿਮ ਸਬੂਤਾਂ ਨੂੰ ਨਸ਼ਟ ਕਰਨ ਵਿਚ ਸ਼ਾਮਲ ਸੀ। ਹਾਈਕੋਰਟ ਨੇ ਕਿਹਾ ਕਿ ਸਿਸੋਦੀਆ ਦਿੱਲੀ ਸਰਕਾਰ ਦੇ ਸੱਤਾ ਦੇ ਗਲਿਆਰਿਆਂ ਵਿਚ ਬਹੁਤ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਵਿਅਕਤੀ ਹਨ।
ਹਾਈਕੋਰਟ ਨੇ ਕਿਹਾ ਕਿ ਜਾਂਚ ਦੌਰਾਨ ਇਕੱਠੀ ਕੀਤੀ ਗਈ ਸਮੱਗਰੀ ਤੋਂ ਪਤਾ ਚੱਲਦਾ ਹੈ ਕਿ ਸਿਸੋਦੀਆ ਨੇ ਆਪਣੇ ਪੂਰਵ-ਨਿਰਧਾਰਤ ਟੀਚੇ ਨੂੰ ਪੂਰਾ ਕਰਨ ਲਈ ਜਨਤਕ ਪ੍ਰਤੀਕਰਮ ਤਿਆਰ ਕਰਕੇ ਆਬਕਾਰੀ ਨੀਤੀ ਬਣਾਉਣ ਦੀ ਪ੍ਰਕਿਰਿਆ ਵਿਚ ਹੇਰਾਫੇਰੀ ਕੀਤੀ। ਹਾਈ ਕੋਰਟ ਨੇ 14 ਮਈ ਨੂੰ ਆਮ ਆਦਮੀ ਪਾਰਟੀ (ਆਪ) ਨੇਤਾ, ਸੀਬੀਆਈ ਅਤੇ ਈਡੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸਿਸੋਦੀਆ ਨੇ ਅਧੀਨ ਅਦਾਲਤ ਦੇ 30 ਅਪਰੈਲ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ।
ਅਧੀਨ ਅਦਾਲਤ ਨੇ ਹੁਣ ਖ਼ਤਮ ਕੀਤੀ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਕ੍ਰਮਵਾਰ ਸੀਬੀਆਈ ਅਤੇ ਈਡੀ ਦੁਆਰਾ ਦਰਜ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸ ਦੌਰਾਨ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮੰਗਲਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸਿਸੋਦੀਆ ਦੀ ਨਿਆਂਇਕ ਹਿਰਾਸਤ 31 ਮਈ ਤੱਕ ਵਧਾ ਦਿੱਤੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਿਛਲੇ ਸਾਲ 9 ਮਾਰਚ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਸਿਸੋਦੀਆ ਨੂੰ ਸੀਬੀਆਈ ਨੇ ਕਥਿਤ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।