ਜੰਮੂ (ਰਾਘਵ) : ਜੰਮੂ-ਕਸ਼ਮੀਰ ਦੇ ਡੋਡਾ ‘ਚ ਭਦਰਵਾਹ ਬਾਣੀ ਰੋਡ ‘ਤੇ ਛੱਤਰਗਲਾ ਇਲਾਕੇ ‘ਚ ਫੌਜ ਦੇ ਇਕ ਅੱਡੇ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਘੱਟੋ-ਘੱਟ 6 ਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ , ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਵੱਲੋਂ ਮੁੱਠਭੇੜ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਤੋਂ ਪਹਿਲਾਂ ਬੀਤੀ ਰਾਤ ਕਠੂਆ ‘ਚ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਇਸ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ ਸੀ।
ਜੰਮੂ-ਕਸ਼ਮੀਰ ‘ਚ ਹਾਲ ਹੀ ਦੇ ਸਮੇਂ ‘ਚ ਇਹ ਤੀਜੀ ਅੱਤਵਾਦੀ ਘਟਨਾ ਹੈ, ਜਿਸ ਤੋਂ ਪਹਿਲਾਂ ਅੱਤਵਾਦੀਆਂ ਨੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਨਿਸ਼ਾਨਾ ਬਣਾਇਆ ਸੀ ਤੇ ਕਠੂਆ ‘ਚ ਇਕ ਘਰ ‘ਤੇ ਹਮਲਾ ਕੀਤਾ ਸੀ। ਇਸ ਹਮਲੇ ਬਾਰੇ ਪੁਲਿਸ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਨੰਦ ਜੈਨ ਨੇ ਦੱਸਿਆ ਕਿ ਅੱਤਵਾਦੀਆਂ ਨੇ ਛਤਰਗਲਾ ਇਲਾਕੇ ‘ਚ 4 ਰਾਸ਼ਟਰੀ ਰਾਈਫਲਜ਼ ਅਤੇ ਪੁਲਿਸ ਦੀ ਸਾਂਝੀ ਚੌਕੀ ‘ਤੇ ਗੋਲੀਬਾਰੀ ਕੀਤੀ | ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਜਾਰੀ ਹੈ। ਇਸ ਦੌਰਾਨ ਕਠੂਆ ‘ਚ ਅੱਤਵਾਦੀਆਂ ਨੂੰ ਫੜਨ ਲਈ ਇਕ ਹੋਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਕਠੂਆ ਦੇ ਹੀਰਾਨਗਰ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਉਣ ਲਈ ਡਰੋਨ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।