ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੀਆਈਪੀ ਕਲਚਰ ਨੂੰ ਖਤਮ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ ਹਨ। ਇਸ ਦੇ ਨਾਲ ਹੀ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਨੇ 424 ਵੀ.ਆਈ.ਪੀਜ਼ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਬਿਕਰਮ ਮਜੀਠੀਆ ਦੀ ਪਤਨੀ, ਗਾਇਕ ਸਿੱਧੂ ਮੂਸੇਵਾਲਾ ਸਮੇਤ ਕਈ ਵੱਡੇ ਨਾਮ ਸ਼ਾਮਲ ਹਨ।
ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਪੰਜਾਬ ਸਰਕਾਰ ਨੇ ਵੀਆਈਪੀ ਕਲਚਰ ‘ਤੇ ਸ਼ਿਕੰਜਾ ਕੱਸਿਆ ਹੋਵੇ, ਸਗੋਂ ਇਸ ਤੋਂ ਪਹਿਲਾਂ ਵੀ ਮਾਨ ਸਰਕਾਰ ਸਾਬਕਾ ਵਿਧਾਇਕਾਂ ਅਤੇ ਸੀਨੀਅਰ ਮੰਤਰੀਆਂ ਤੋਂ ਸੁਰੱਖਿਆ ਵਾਪਸ ਲੈ ਚੁੱਕੀ ਹੈ। ਸਰਕਾਰ ਲਗਾਤਾਰ ਇੱਕ ਤੋਂ ਬਾਅਦ ਇੱਕ ਵੱਡੇ ਫੈਸਲੇ ਅਤੇ ਐਲਾਨ ਕਰ ਰਹੀ ਹੈ। ਇਸ ਦੌਰਾਨ ਅੱਜ ਵੀਆਈਪੀ ਕਲਚਰ ‘ਤੇ ਇੱਕ ਹੋਰ ਵੱਡਾ ਹਮਲਾ ਕੀਤਾ ਹੈ।
ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੀਆਈਪੀ ਕਲਚਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਸਾਰੇ ਵੀਆਈਪੀ ਕਮਰਿਆਂ ਦਾ ਪ੍ਰਬੰਧ ਖ਼ਤਮ ਕਰ ਦਿੱਤਾ ਜਾਵੇਗਾ। ਜੇਕਰ ਕੋਈ ਅਣਗਹਿਲੀ ਪਾਈ ਜਾਂਦੀ ਹੈ ਤਾਂ ਉਸ ਮਾਮਲੇ ਵਿੱਚ ਸੰਬੰਧਿਤ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।