ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਵਫ਼ਦ ਅੱਜ ਰਾਜਪਾਲ ਬੀ.ਐਲ ਪੁਰੋਹਿਤ ਨੂੰ ਮਿਲਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ। ਅਕਾਲੀ ਦਲ ਦੇ ਵਫ਼ਦ ਨੇ ਇਸ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਵੀ ਸੌਂਪਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਅੱਜ ਰਾਜਪਾਲ ਨੂੰ ਮਿਲਣ ਆਏ ਹਾਂ। ਉਨ੍ਹਾਂ ਨੇ ਕਈ ਮੁੱਦੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ ਹਨ। ਸੀਐਮ ਮਾਨ ਵੱਲੋਂ ਚੰਡੀਗੜ੍ਹ ਵਿੱਚ ਵਿਧਾਨ ਸਭਾ ਬਣਾਉਣ ਦੇ ਬਿਆਨ ਦੀ ਨਿੰਦਾ ਕਰਦਿਆਂ ਕਿਹਾ ਕਿ ਅਸੀਂ ਇਹ ਬਰਦਾਸ਼ਤ ਨਹੀਂ ਕਰਾਂਗੇ ਕਿ ਪੰਜਾਬ ਦਾ ਹਿੱਸਾ ਕਿਸੇ ਨੂੰ ਦਿੱਤਾ ਜਾਵੇ।
ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਮੂਸੇਵਾਲਾ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਵੀ ਅਪੀਲ ਕੀਤੀ ਹੈ। ਤਦ ਹੀ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਮਿਲੇਗਾ। ਪੁਲੀਸ ਅਸਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਹੁਣ ਤੱਕ ਜਿੰਨੇ ਵੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਹ ਸਾਰੇ ਦਿੱਲੀ ਪੁਲਸ ਨੇ ਕੀਤੀ ਹੈ। ਅਜਿਹੀ ਸਥਿਤੀ ਵਿੱਚ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾ ਸਕੇ। ਯੂਥ ਅਕਾਲੀ ਦਲ ਮੋਹਾਲੀ ਦੀ ਤਰਫੋਂ ਐਸ.ਵਾਈ.ਐਲ ਅਤੇ ਮੂਸੇਵਾਲਾ ਦੇ ਕੰਵਰ ਗਰੇਵਾਲ ਦੇ ਗੀਤਾਂ ਦੇ ਰਿਲੀਜ਼ ਹੋਣ ‘ਤੇ ਕੇਂਦਰ ਵਲੋਂ ਲਗਾਈ ਗਈ ਪਾਬੰਦੀ ਸਬੰਧੀ ਮੋਹਾਲੀ ਦੇ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।