ਚੰਡੀਗੜ੍ਹ: ਪੰਜਾਬ ਸਰਕਾਰ ਨੇ ਹੁਣ ਫਰਜ਼ੀ ਰਾਸ਼ਨ ਕਾਰਡ ਬਣਾਉਣ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਹੈ। ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਫਰਜ਼ੀ ਰਾਸ਼ਨ ਕਾਰਡਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਜਾਅਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕਾਬਿਲੇਗੌਰ ਹੈ ਕਿ ਹਾਲ ਵਿੱਚ ਹੁਸ਼ਿਆਰਪੁਰ ਦੀ ਇੱਕ ਵੀਡੀਓ ਸਾਹਮਣੇ ਆਈ, ਜਿਥੇ ਇੱਕ ਵਿਅਕਤੀ ਮਰਸਿਡੀਜ਼ ਕਾਰ ਉੱਪਰ 2 ਰੁਪਏ ਕਿੱਲੋ ਵਾਲੀ ਕਣਕ ਲੈਂਦਾ ਵਿਖਾਈ ਦਿੱਤਾ। ਜਿਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਸਿਆਸਤ ਗਰਮਾ ਗਈ। ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਇਸ ਮਾਮਲੇ ਉੱਪਰ ਧਿਆਨ ਦਿੰਦੇ ਹੋਏ ਜਾਂਚ ਦੇ ਆਦੇਸ਼ ਦਿੱਤੇ।
ਮੰਤਰੀ ਕਟਾਰੂਚੱਕ ਨੇ ਕਿਹਾ ਹੈ ਕਿ ਜਿਹੜੇ ਵੀ ਵਿਅਕਤੀ ਨਕਲੀ ਰਾਸ਼ਨ ਕਾਰਡਾਂ ਉਪਰ ਕਣਕ ਲੈ ਰਹੇ ਹਨ, ਉਨ੍ਹਾਂ ਵਿਰੁੱਧ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗਰੀਬਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਹੱਕ ਦਿਵਾਉਣ ਲਈ ਵੱਚਨਬੱਧ ਹੈ। ਇਸ ਲਈ ਜਿੱਥੇ ਵੀ ਫਰਜ਼ੀ ਰਾਸ਼ਨ ਕਾਰਡ ਬਾਰ ਪਤਾ ਲੱਗਾ, ਉਨ੍ਹਾਂ ਲੋਕਾਂ ਨੂੰ ਬਿਲਕੁੱਲ ਬਖਸ਼ਿਆ ਨਹੀਂ ਜਾਵੇਗਾ।