ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਆਪਣਾ ਤੁਗਲਕ ਰੋਡ ਲੇਨ ਤੇ ਸਥਿਤ ਬੰਗਲਾ ਲੋਕ ਸਭਾ ਸਕੱਤਰੇਤ ਨੂੰ ਸੌਂਪ ਦੇਣਗੇ। ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਸ਼ਾਮ ਨੂੰ ਬੰਗਲੇ ਤੋਂ ਆਪਣਾ ਸਾਰਾ ਸਾਮਾਨ ਚੁੱਕ ਲਿਆ ਹੈ। ਇਹ ਬੰਗਲਾ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਦਿੱਤਾ ਗਿਆ ਸੀ। ਰਾਹੁਲ ਗਾਂਧੀ ਲੰਬੇ ਸਮੇਂ ਤੋਂ ਇਸ ਬੰਗਲੇ ਵਿੱਚ ਹੀ ਰਹਿ ਰਹੇ ਸੀ।
ਸੂਤਰਾਂ ਦਾ ਕਹਿਣਾ ਹੈ ਕਿ 14 ਅਪ੍ਰੈਲ ਨੂੰ ਰਾਹੁਲ ਗਾਂਧੀ ਨੇ ਆਪਣਾ ਕੁਝ ਨਿੱਜੀ ਸਮਾਨ ਬੰਗਲੇ ਤੋਂ ਆਪਣੀ ਮਾਂ ਸੋਨੀਆ ਗਾਂਧੀ ਦੀ ਸਰਕਾਰੀ ਰਿਹਾਇਸ਼ ‘ਤੇ ਲੈ ਗਏ ਸੀ। ਆਪਣੇ ਦਫਤਰ ਵਿੱਚ ਬਦਲਾਅ ਕਰਨ ਮਗਰੋਂ ਉਨ੍ਹਾਂ ਨੇ ਪਹਿਲਾਂ ਹੀ ਆਪਣੀ ਮਾਂ ਸੋਨੀਆ ਗਾਂਧੀ ਨਾਲ 10 ਜਨਪਥ ਸਥਿਤ ਰਿਹਾਇਸ਼ ‘ਤੇ ਰਹਿਣਾ ਸ਼ੁਰੂ ਕਰ ਦਿੱਤਾ ਸੀ।
ਸੂਰਤ ਦੇ ਕੋਰਟ ਨੇ 23 ਮਾਰਚ ਨੂੰ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ਵਿੱਚ ਦੋਸ਼ੀ ਦੱਸਦਿਆਂ 2 ਸਾਲ ਦੀ ਸਜ਼ਾ ਸੁਣਾਈ ਸੀ, ਇਸ ਮਾਮਲੇ ਤੋਂ ਬਾਅਦ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਕਰ ਦਿੱਤਾ ਸੀ। ਉਨ੍ਹਾਂ ਨੇ ਸੂਰਤ ਸੈਸ਼ਨ ਕੋਰਟ ਵਿਚ ਮੈਜਿਸਟ੍ਰੇਟ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ, ਕੋਰਟ ਨੇ ਸਜ਼ਾ ਨੂੰ ਟਾਲਣ ਦੀ ਉਨ੍ਹਾਂ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ। ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਹੋਣ ਤੋਂ ਬਾਅਦ ਜਾਣ 22 ਅਪ੍ਰੈਲ ਤੱਕ ਬੰਗਲਾ ਖਾਲੀ ਕਰਨ ਦੇ ਲਈ ਆਖਿਆ ਸੀ।